
ਮੋਗਾ (ਜਗਤਾਰ ਸਿੰਘ ਸਰਾਂ) ਕਿਰਤੀ ਕਿਸਾਨ ਯੂਨੀਅਨ ਵੱਲੋਂ ਜੱਥੇਬੰਦੀ ਦੇ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਸ਼ਿਰਕਤ ਕੀਤੀ। ਪ੍ਰੈਸ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਆਖਿਆ ਕਿ ਅੱਜ ਦੀ ਮੀਟਿੰਗ ਜੋ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਖਰੜੇ ਨੂੰ ਲਾਗੂ ਕਰਨ ਲਈ ਭੇਜਿਆ ਗਿਆ ਹੈ ਕਿ ਇਸ ਖੇਤੀ ਨੀਤੀ ਖਰੜੇ ਨੂੰ ਲਾਗੂ ਕੀਤਾ ਜਾਵੇ, ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਪ੍ਰੋਗਰਾਮ 5 ਮਾਰਚ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀ ਰੂਪ ਰੇਖਾ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਦੌਰਾਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਆਖਿਆ ਕਿ ਸੰਯੁਕਤ ਮੋਰਚੇ ਵਲੋਂ ਨਵੀਂ ਖੇਤੀ ਨੀਤੀ ਖਰੜੇ ਹੋਰ ਕਿਸਾਨੀ ਮੰਗਾਂ ਲਈ ਪੰਜ ਮਾਰਚ ਤੋਂ ਐਸਕੇਐਮ ਨਾਲ ਜੁੜੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੇ ਮਿਲ ਕੇ ਸੂਬੇ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਪੱਕਾ ਮੋਰਚਾ ਚੰਡੀਗੜ੍ਹ ਵਿੱਚ ਇੱਕ ਹਫ਼ਤਾ ਚੱਲੇਗਾ। ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ ਨੇ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ, ਕੌਮੀ ਖੇਤੀ ਨੀਤੀ ਖਰੜਾ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤਾ ਪਾਵੇ, ਬਾਸਮਤੀ, ਮੱਕੀ, ਮੂੰਗੀ,ਆਲੂ, ਮਟਰ ਅਤੇ ਗੋਭੀ ਤੇ ਪੰਜਾਬ ਸਰਕਾਰ ਐਮ ਐਸ ਪੀ ਦੇਵੇ, ਕਿਸਾਨਾਂ ਦੀ ਕਰਜ਼ਾ ਮੁਕਤੀ,ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰੇਕ ਘਰ ਨੂੰ ਪੀਣ ਲਈ ਸਾਫ਼ ਪਾਣੀ ਪਹੁੰਚਦਾ ਕੀਤਾ ਜਾਵੇ, ਆਬਾਦਕਾਰਾਂ ਨੂੰ ਮਾਲਕੀ ਹੱਕ, ਪੰਜਾਬ ਵਿੱਚ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਤੇ ਜ਼ੁਰਮਾਨੇ ਦੇ ਨੋਟਿਸ ਭੇਜਣੇ ਬੰਦ ਕੀਤੇ ਜਾਣ,19 ਦਸੰਬਰ 2023 ਨੂੰ ਮੁੱਖ ਮੰਤਰੀ ਵੱਲੋਂ ਮੰਨੀਆਂ ਮੰਗਾਂ ਜਿਵੇਂ ਸਹਿਕਾਰੀ ਸਭਾਵਾਂ ਵਿੱਚ ਕਰਜ਼ੇ ਸਬੰਧੀ ਯਕਮੁਸ਼ਤ ਨਿਬੇੜਾ ਸਕੀਮ ਚਾਲੂ ਕਰਨ ਅਤੇ ਸੁਸਾਇਟੀਆਂ ਵਿੱਚ ਨਵੇਂ ਖਾਤੇ ਖੋਲ੍ਹੇ ਜਾਣ, ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਮੰਗ ਆਦਿ ਮੰਗਾਂ ਦੇ ਸਬੰਧ ਵਿੱਚ ਚੰਡੀਗੜ੍ਹ ਵਿਖੇ ਇਕ ਹਫਤੇ ਲਈ ਮੋਰਚਾ ਲਗਾਇਆ ਜਾਵੇਗਾ।ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨ, ਨੌਜਵਾਨ ਅਤੇ ਔਰਤਾਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਨਗੇ। ਇਸ ਮੋਰਚੇ ਦੀ ਸਫਲਤਾ ਲਈ ਪਿੰਡਾਂ ਵਿੱਚ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ ਤੇ ਲੋਕਾਂ ਨੂੰ ਲਾਮਬੰਦ ਕਰ ਕੇ ਚੰਡੀਗੜ੍ਹ ਲਿਜਾਇਆ ਜਾਵੇਗਾ, ਮੋਗਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਪਿੰਡ ਇਕਾਈਆਂ ਵਲੋਂ ਜੱਥੇ ਅੰਨ-ਪਾਣੀ ਸਣੇ ਦਿਨ -ਰਾਤ ਠਹਿਰਨ ਦੇ ਪ੍ਰਬੰਧ ਕਰ ਕੇ ਟਰੈਕਟਰ – ਟਰਾਲੀਆਂ ਤੇ ਪੁੱਜਣਗੇ। ਇਸ ਮੌਕੇ ਚੰਦਭਾਨ ਵਿਖੇ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ,ਤੇ ਫਰੀਦਕੋਟ ਪ੍ਰਸ਼ਾਸਨ ਨੂੰ ਬਣੀ ਐਕਸ਼ਨ ਕਮੇਟੀ ਦੀਆਂ ਮੰਗਾਂ ਮੰਨ ਕੇ ਤੁਰੰਤ ਮਸਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇਵਾਲਾ, ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ,ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬੇਅੰਤ ਸਿੰਘ ਮੱਲੇਆਣਾ,ਸਾਰਜ ਸਿੰਘ ਪੰਡੋਰੀ, ਬੂਟਾ ਸਿੰਘ ਤਖਾਣਵੱਧ, ਮੋਹਨ ਸਿੰਘ ਡਾਲਾ, ਅਜਮੇਰ ਸਿੰਘ ਛੋਟਾਘਰ,ਬਿੰਦਾ ਪੁਰਾਣੇਵਾਲਾ ਕਿਸਾਨ ਆਗੂ ਹਾਜ਼ਰ ਹੋਏ। ਜਾਰੀ ਕਰਤਾ -ਜਸਮੇਲ ਸਿੰਘ ਰਾਜਿਆਣਾ, ਜ਼ਿਲ੍ਹਾ ਪ੍ਰੈਸ ਸਕੱਤਰ, ਕਿਰਤੀ ਕਿਸਾਨ ਯੂਨੀਅਨ ਮੋਗਾ। ਮੋਬਾਈਲ -98142-77135